ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਪੋਸ਼ਣ ਸੁਰੱਖਿਆ ਜਰੂਰੀ: ਜਸਵੀਰ ਸਿੰਘ ਸੇਖੋਂ
ਸਰਕਾਰੀ ਸਕੂਲਾਂ ਵਿੱਚ ਘਰੇਲੂ ਬਗੀਚੀਆਂ ਬਣਾਉਣ ਲਈ ਕੀਤਾ ਉਤਸਾਹਿਤ
ਮਿਡ ਡੇਅ ਮੀਲ ਦੀ ਕੀਤੀ ਜਾਂਚ, ਸਾਫ਼ ਸਫਾਈ ਦੇ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾ
ਫਤਹਿਗੜ੍ਹ ਸਾਹਿਬ, 26 ਸਤੰਬਰ ( ਸਤਨਾਮ ਚੌਹਾਨ, ਕੁਲਦੀਪ ਬਾਲਪੁਰ):-
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਟਲਾ ਬਜਵਾੜਾ ਦਾ ਅਚਨਚੇਤ ਦੌਰਾ ਕਰਕੇ ਉਥੇ ਵਿਦਿਆਰਥੀਆਂ ਨੂੰ ਪਰੋਸੇ ਜਾਣ ਵਾਲੇ ਮਿਡ ਡੇਅ ਮੀਲ ਦੀ ਗੁਣਵੱਤਾ ਦਾ ਨਿਰੀਖਣ ਕੀਤਾ। ਜਸਵੀਰ ਸਿੰਘ ਸੇਖੋਂ ਨੇ ਨੈਸ਼ਨਲ ਫੂਡ ਸਕਿਓਰਟੀ ਐਕਟ -2013 ਅਤੇ ਪੰਜਾਬ ਫੂਡ ਸਕਿਓਰਟੀ ਰੂਲਜ਼- 2016 ਨੂੰ ਇੰਨ ਬਿੰਨ ਲਾਗੂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ
ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਰੋਜ਼ਾਨਾ ਤਿਆਰ ਹੋਣ ਵਾਲਾ ਭੋਜਨ, ਵਿਦਿਆਰਥੀਆਂ ਦੀ ਸਿਹਤ ਲਈ ਲੋੜੀਂਦੇ ਪੌਸ਼ਟਿਕ ਤੱਤਾਂ ਦੇ ਅਨੁਕੂਲ ਹੋਣਾ ਚਾਹੀਦਾ ਹੈ ਅਤੇ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਦੀਆਂ ਖਾਲੀ ਪਈਆਂ ਥਾਵਾਂ ਉਤੇ ਘਰੇਲੂ ਬਗੀਚੀਆਂ ਸਥਾਪਤ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।
ਮੈਂਬਰ ਜਸਵੀਰ ਸਿੰਘ ਸੇਖੋਂ ਨੇ ਵਿਦਿਆਰਥੀਆਂ ਦੀ ਤੰਦਰੁਸਤੀ ਅਤੇ ਸਿਹਤਯਾਬੀ ਨੂੰ ਯਕੀਨੀ ਬਣਾਉਣ ਲਈ ਪੋਸ਼ਣ ਸੁਰੱਖਿਆ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਕੂਲਾਂ ਦੇ ਸਟਾਫ਼ ਤੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਖੁਰਾਕ ਕਮਿਸ਼ਨ ਦੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਹਦਾਇਤ ਕੀਤੀ ਕਿ ਮਿਡ ਡੇਅ ਮੀਲ ਦੀ ਤਿਆਰੀ ਸਮੇਂ ਸਰਕਾਰ ਵੱਲੋਂ ਤੈਅ ਮਾਪਦੰਡਾਂ ਦੀ ਪਾਲਣਾ ਕੀਤੀ ਜਾਵੇ ਅਤੇ ਸਾਫ਼ ਸਫਾਈ ਦਾ ਉਚੇਚਾ ਧਿਆਨ ਰੱਖਿਆ ਜਾਣਾ ਜਰੂਰੀ ਹੈ।ਉਨ੍ਹਾਂ ਨੇ ਸਕੂਲਾਂ ਦੇ ਪ੍ਰਬੰਧਾਂ ਉਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਉਪ ਜਿ਼ਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਦੀਦਾਰ ਸਿੰਘ, ਉਪ ਜਿ਼ਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਕਮਲਜੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

0 Comments