ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 11 ਪਵਿੱਤਰ ਅਸਥਾਨਾਂ 'ਤੇ ਹੋਣਗੇ ਵਿਸ਼ੇਸ਼ ਸਮਾਗਮ
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸਮੇਂ ਸਿਰ ਨੇਪਰੇ ਚੜ੍ਰਾਉਣ ਲਈ ਹਦਾਇਤਾਂ ਜਾਰੀ
ਫਤਹਿਗੜ੍ਹ ਸਾਹਿਬ, 14 ਅਕਤੂਬਰ: (ਸਤਨਾਮ ਚੌਹਾਨ, ਕੁਲਦੀਪ ਬਾਲਪੁਰ):-
ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਯਾਤਰਾ ਦੇ ਸਵਾਗਤ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨੇ ਦੱਸਿਆ ਕਿ ਮਾਲਵਾ ਖੇਤਰ ਦੇ ਜ਼ਿਲ੍ਹਾ ਫਰੀਦਕੋਟ ਤੋਂ ਆਰੰਭ ਹੋਣ ਵਾਲੀ ਧਾਰਮਿਕ ਯਾਤਰਾ, ਖੰਨਾ ਵਾਲੇ ਪਾਸਿਓਂ, 21 ਨਵੰਬਰ ਨੂੰ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਦਾਖਲ ਹੋਵੇਗੀ ਜਿਸ ਵਿੱਚ ਸ਼ਾਮਲ ਹੋਣ ਵਾਲੀਆਂ ਵੱਡੀ ਗਿਣਤੀ ਸੰਗਤਾਂ ਲਈ, ਹਰ ਸੁਵਿਧਾ ਨੂੰ ਸਮੇਂ ਸਿਰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ 21 ਨਵੰਬਰ ਨੂੰ ਨੈਸ਼ਨਲ ਹਾਈਵੇ ਰਾਹੀਂ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਯਾਤਰਾ, ਮੰਡੀ ਗੋਬਿੰਦਗੜ੍ਹ ਤੋਂ ਸਰਹਿੰਦ ਹੁੰਦੀ ਹੋਈ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਪੁੱਜੇਗੀ ਜਿਥੇ ਰਾਤ ਦੇ ਠਹਿਰਾਓ ਤੋਂ ਬਾਅਦ ਅਗਲੇ ਦਿਨ 22 ਨਵੰਬਰ ਨੂੰ ਸਵੇਰ ਸਮੇਂ, ਯਾਤਰਾ ਬਸੀ ਪਠਾਣਾ ਤੋਂ ਹੁੰਦੇ ਹੋਏ ਵਾਇਆ ਮੋਰਿੰਡਾ, ਚਮਕੌਰ ਸਾਹਿਬ ਤੋਂ ਸ਼੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗੀ। ਉਨ੍ਹਾਂ ਨੇ ਅਮਲੋਹ, ਫਤਹਿਗੜ੍ਹ ਸਾਹਿਬ ਤੇ ਬਸੀ ਪਠਾਣਾ ਦੇ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਧਾਰਮਿਕ ਯਾਤਰਾ ਦਾ ਸ਼ਰਧਾ ਤੇ ਉਤਸ਼ਾਹ ਨਾਲ ਜ਼ੋਰਦਾਰ ਸਵਾਗਤ ਕਰਨ ਲਈ ਨੈਸ਼ਨਲ ਹਾਈਵੇ ਅਤੇ ਅੰਦਰੂਨੀ ਸੜਕਾਂ ਦੇ ਨਿਰਧਾਰਿਤ ਰੂਟ 'ਤੇ ਲੋੜੀਂਦੇ ਇੰਤਜਾਮ ਕਰਵਾਉਣੇ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਸੰਗਤ ਲਈ ਵੱਖ— ਵੱਖ ਪੜਾਅ 'ਤੇ ਅਤੁੱਟ ਲੰਗਰ ਵਰਤਾਏ ਜਾਣਗੇ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਦਿਅਕ ਅਦਾਰਿਆਂ ਵਿੱਚ ਗੁਰੂ ਸਾਹਿਬ ਦੇ ਜੀਵਨ ਨੂੰ ਸਮਰਪਿਤ ਸੈਮੀਨਾਰ ਕਰਵਾਏ ਜਾਣ।
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋ਼ਅ, ਆਮ ਖਾਸ ਬਾਗ ਵਿਖੇ ਕਰਵਾਇਆ ਜਾਵੇਗਾ ਜਦਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 11 ਪਵਿੱਤਰ ਅਸਥਾਨਾਂ 'ਤੇ ਕਵੀ ਦਰਬਾਰ ਜਾਂ ਕੀਰਤਨ ਸਮਾਗਮ ਵੀ ਕਰਵਾਏ ਜਾਣਗੇ। ਉਨ੍ਹਾਂ ਨੇ ਉਪ ਮੰਡਲ ਮੈਜਿਸਟਰੇਟ ਸਮੇਤ ਸਮੂਹ ਕਾਰਜਕਾਰੀ ਏਜੰਸੀਆਂ ਦੇ ਐਕਸੀਅਨਾਂ ਨੂੰ ਸੜਕਾਂ ਦੀ ਮੁਰੰਮਤ, ਰੌਸ਼ਨੀ ਵਿਵਸਥਾ, ਲੰਗਰ, ਟਰੈਫਿਕ ਲਾਈਟਾਂ, ਮੈਡੀਕਲ ਸੁਵਿਧਾਵਾਂ, ਐਂਬੂਲੈਂਸ, ਸਾਫ਼ ਸਫਾਈ, ਸਜਾਵਟ ਆਦਿ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਆਵਾਜਾਈ ਵਿਵਸਥਾ ਨੂੰ ਸੁਚਾਰੂ ਰੱਖਣ, ਸੁਰੱਖਿਆ ਵਿਵਸਥਾ ਤੇ ਵਾਹਨਾਂ ਦੀ ਪਾਰਕਿੰਗ ਆਦਿ ਦੇ ਪ੍ਰਬੰਧ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ ਗਈ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ ਅਮਲੋਹ ਚੇਤਨ ਬੰਗੜ, ਐਸ.ਡੀ.ਐਮ ਬਸੀ ਪਠਾਣਾ ਹਰਵੀਰ ਕੌਰ, ਐਸ.ਡੀ.ਐਮ ਖਮਾਣੋਂ ਮਨਰੀਤ ਰਾਣਾ, ਮੁੱਖ ਮੰਤਰੀ ਫੀਲਡ ਅਫ਼ਸਰ ਸ਼ੰਕਰ ਸ਼ਰਮਾ, ਐਸ.ਪੀ ਜਸਕੀਰਤ ਸਿੰਘ, ਮੈਨੇਜਰ ਗੁਰਦੁਆਰਾ ਫਤਹਿਗੜ੍ਹ ਸਾਹਿਬ ਰਣਜੀਤ ਸਿੰਘ, ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਪ੍ਰੀਤ ਕੌਰ ਤੋਂ ਇਲਾਵਾ ਸਿਹਤ ਵਿਭਾਗ, ਲੋਕ ਨਿਰਮਾਣ ਵਿਭਾਗ, ਜਨ ਸਿਹਤ ਵਿਭਾਗ, ਕਾਰਜਸਾਧਕ ਅਫ਼ਸਰ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

0 Comments