ਫਤਹਿਗੜ੍ਹ ਸਾਹਿਬ, 17 ਅਕਤੂਬਰ: (ਸਤਨਾਮ ਚੌਹਾਨ, ਕੁਲਦੀਪ ਬਾਲਪੁਰ ):- ਤਿਓਹਾਰਾਂ ਦੇ ਸੀਜਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਵੱਖ—ਵੱਖ ਸਬ ਡਵੀਜ਼ਨਾਂ ਵਿੱਚ ਮਿਠਾਈ ਵਿਕਰੇਤਾਵਾਂ, ਡੇਅਰੀਆਂ ਦੀਆਂ ਅਚਨਚੇਤ ਜਾਂਚ ਕਰਨ ਦੀ ਪ੍ਰਕਿਰਿਆ ਜਾਰੀ ਹੈ। ਅੱਜ ਉਪ ਮੰਡਲ ਮੈਜਿਸਟਰੇਟ ਅਰਵਿੰਦ ਕੁਮਾਰ ਗੁਪਤਾ ਦੀ ਅਗਵਾਈ ਹੇਠ ਟੀਮਾਂ ਨੇ ਸਰਹਿੰਦ ਵਿੱਚ ਮਿਲਾਵਟਖੋਰੀ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਲਈ ਚੈਕਿੰਗ ਅਭਿਆਨ ਚਲਾਇਆ ਅਤੇ ਵੱਖ—ਵੱਖ ਦੁਕਾਨਾਂ ਤੋਂ ਮਿਠਾਈਆਂ, ਦੁੱਧ ਸਮੇਤ ਖਾਣ ਪੀਣ ਦੀਆਂ ਹੋਰ ਵਸਤਾਂ ਦੇ ਸੈਂਪਲ ਭਰ ਕੇ ਜਾਂਚ ਲਈ ਭੇਜੇ।ਇਸ ਦੌਰਾਨ ਟੀਮਾਂ ਨੇ ਦੁਕਾਨਾਂ ਵਿੱਚ ਸਾਫ ਸਫਾਈ ਦੇ ਪ੍ਰਬੰਧਾਂ ਦੀ ਵੀ ਪੜਤਾਲ ਕੀਤੀ।
ਦੁਕਾਨਦਾਰਾਂ ਨੂੰ ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ ਦੀਆਂ ਧਾਰਾਵਾਂ ਦੀ ਇੰਨ ਬਿੰਨ ਪਾਲਣਾ ਕਰਨ ਦੀ ਹਦਾਇਤ ਦਿੰਦਿਆਂ ਸ਼੍ਰੀ ਗੁਪਤਾ ਨੇ ਕਿਹਾ ਕਿ ਮਿਲਾਵਟਖੋਰੀ ਇੱਕ ਜੁਰਮ ਹੈ ਅਤੇ ਜੇਕਰ ਕੋਈ ਵੀ ਵਿਕਰੇਤਾ ਗੈਰ ਮਿਆਰੀ ਵਸਤਾਂ ਦੀ ਵਿਕਰੀ ਕਰਕੇ ਲੋਕਾਂ ਦੀ ਜਾਨ ਨੂੰ ਖਤਰੇ ਵਿੱਚ ਪਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਐਸ.ਡੀ.ਐਮ ਅਰਵਿੰਦ ਗੁਪਤਾ ਨੇ ਬਜ਼ਾਰਾਂ ਵਿੱਚ ਇਹ ਜਾਂਚ ਵੀ ਕੀਤੀ ਕਿ ਬਿਨਾਂ ਲਾਇਸੰਸ ਤੋਂ ਪਟਾਖਿਆਂ ਦੀ ਵਿਕਰੀ ਤਾਂ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਵਿੱਚ ਹਰੇਕ ਨਾਗਰਿਕ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਪਟਾਖਿਆਂ ਤੋਂ ਪੈਦਾ ਹੋਣ ਵਾਲੇ ਵਿਸ਼ੈਲੇ ਧੂੰਏ ਦੀ ਰੋਕਥਾਮ ਲਈ ਕੇਵਲ ਗਰੀਨ ਪਟਾਖਿਆਂ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ।

0 Comments