- ਗੁਰੂ ਸਾਹਿਬ ਦੇ ਜੀਵਨ, ਫਲਸਫੇ ਅਤੇ ਮਹਾਨ ਕੁਰਬਾਨੀ ਨਾਲ ਜੁੜਿਆ ਇਤਿਹਾਸ ਦਰਸਾਇਆ ਜਾਵੇਗਾ
* ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਮਾਗਮ ਮੌਕੇ ਵਧ ਚੜ ਕੇ ਸ਼ਾਮਲ ਹੋਣ ਦੀ ਅਪੀਲ
ਫਤਹਿਗੜ੍ਹ ਸਾਹਿਬ, 3 ਨਵੰਬਰ : (ਸਤਨਾਮ ਚੌਹਾਨ, ਕੁਲਦੀਪ ਬਾਲਪੁਰ):-
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਗੁਰੂ ਸਾਹਿਬ ਨਾਲ ਜੁੜੇ ਇਤਿਹਾਸ ਨੂੰ ਦਰਸਾਉਣ ਲਈ ਮਾਧੋਪੁਰ ਖੇਡ ਸਟੇਡੀਅਮ ਵਿਖੇ 4 ਨਵੰਬਰ ਨੂੰ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ ਜਿਸ ਦੇ ਪ੍ਰਬੰਧਾਂ ਦਾ ਅੱਜ ਸ਼ਾਮ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਵਧੀਕ ਡਿਪਟੀ ਕਮਿਸ਼ਨਰ (ਵਾਧੂ ਚਾਰਜ) ਅਰਵਿੰਦ ਗੁਪਤਾ, ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ ਅਤੇ ਡੀ.ਐਸ.ਪੀ ਇੰਦਰਪ੍ਰੀਤ ਸਿੰਘ ਸਮੇਤ ਹੋਰਨਾਂ ਅਧਿਕਾਰੀਆਂ ਨਾਲ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਨਵੰਬਰ ਨੂੰ ਸ਼ਾਮ 5.30 ਵਜੇ ਸੰਗਤਾਂ ਦੀ ਆਮਦ ਦੇ ਨਾਲ ਇਹ ਸਮਾਗਮ ਆਰੰਭ ਹੋਵੇਗਾ। ਉਹਨਾਂ ਦੱਸਿਆ ਕਿ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਮੁੱਚੇ ਪ੍ਰਬੰਧ ਸਮੇਂ ਸਿਰ ਨੇਪਰੇ ਚੜਾਉਣੇ ਯਕੀਨੀ ਬਣਾਏ ਜਾਣ।
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਇਸ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ, ਫ਼ਲਸਫ਼ੇ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਦਰਸਾਇਆ ਜਾਵੇਗਾ ਤਾਂ ਜੋ ਸਾਡੀ ਮੌਜੂਦਾ ਪੀੜੀ ਗੁਰੂ ਸਾਹਿਬਾਨ ਦੇ ਮਹਾਨ ਇਤਿਹਾਸ ਬਾਰੇ ਜਾਣੂੰ ਹੋ ਸਕੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਪਰਿਵਾਰਾਂ ਸਮੇਤ ਵਧ ਚੜ ਕੇ ਸ਼ਮੂਲੀਅਤ ਕੀਤੀ ਜਾਵੇ।

0 Comments