12 ਸਾਲਾਂ ਤੋਂ ਹੱਕਾਂ ਦੀ ਉਡੀਕ ਕਰ ਰਹੇ 3720 ਵੋਕੇਸ਼ਨਲ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ
ਮੋਹਾਲੀ, 18 ਅਕਤੂਬਰ (ਸਤਨਾਮ ਚੌਹਾਨ): ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਮੰਗਾਂ ਦੇ ਹੱਲ ਲਈ ਲਗਾਤਾਰ ਟਾਲਮਟੋਲ ਕੀਤੇ ਜਾਣ ਦੇ ਦੋਸ਼ ਲਾਉਂਦਿਆਂ NSQF ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਨੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਫਰੰਟ ਵੱਲੋਂ 8 ਅਕਤੂਬਰ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਦੇ ਦਫ਼ਤਰ ਅੱਗੇ ਲਗਾਇਆ ਗਿਆ ਪੱਕਾ ਧਰਨਾ 11ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਅਧਿਆਪਕ ਆਗੂਆਂ ਦਾ ਕਹਿਣਾ ਹੈ ਕਿ ਵਿਭਾਗ ਦੇ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਹੋਣ ਦੇ ਬਾਵਜੂਦ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲ ਰਿਹਾ, ਜਿਸ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਫਰੰਟ ਦੇ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ 21 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਦਾ ਪੁਖਤਾ ਹੱਲ ਨਾ ਨਿਕਲਿਆ ਤਾਂ 23 ਅਕਤੂਬਰ ਨੂੰ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੀਟਿੰਗ ਬੇਸਿੱਟਾ ਰਹਿਣ ਦੀ ਸੂਰਤ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਅਗਲੇ ਐਕਸ਼ਨ ਉਲੀਕੇ ਜਾਣਗੇ।
ਆਗੂਆਂ ਨੇ ਕਿਹਾ ਕਿ ਪਿਛਲੇ 12 ਸਾਲਾਂ ਤੋਂ ਸਰਕਾਰ ਦੀ ਬੇਰੁਖ਼ੀ ਦਾ ਸਾਹਮਣਾ ਕਰ ਰਹੇ 3720 NSQF ਵੋਕੇਸ਼ਨਲ ਅਧਿਆਪਕ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਵੋਕੇਸ਼ਨਲ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨਾ ਅਤੇ ਤਨਖ਼ਾਹਾਂ ਵਿੱਚ ਵਾਧਾ ਕਰਨਾ ਸ਼ਾਮਲ ਹੈ। ਫਰੰਟ ਨੇ ਸਮੂਹ ਭਰਾਤਰੀ ਜਥੇਬੰਦੀਆਂ ਅਤੇ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਅਧਿਆਪਕਾਂ ਦੇ ਸੰਘਰਸ਼ ਵਿੱਚ ਸਾਥ ਦੇਣ, ਤਾਂ ਜੋ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਬੁਲੰਦ ਢੰਗ ਨਾਲ ਪਹੁੰਚਾਈ ਜਾ ਸਕੇ।
ਇਸ ਮੌਕੇ ਸਟੇਟ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਨਵਾਂਸ਼ਹਿਰ, ਗੁਰਜੀਤ ਬਠਿੰਡਾ, ਸੁਖਰਾਜ ਤਰਨਤਾਰਨ, ਮਨਪ੍ਰੀਤ ਮੁਕਤਸਰ ਅਤੇ ਮਹਿਤਾਬ ਫਿਰੋਜ਼ਪੁਰ ਸਮੇਤ ਹੋਰ ਆਗੂ ਹਾਜ਼ਰ ਸਨ।












0 Comments