ਕਰਮਜੀਤ ਸਿੰਘ ਭਗੜਾਣਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਬਣਨ ’ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸਨਮਾਨਿਤ
ਫਤਿਹਗੜ੍ਹ ਸਾਹਿਬ, 11 ਅਕਤੂਬਰ: (ਸਤਨਾਮ ਚੌਹਾਨ):- ਪੰਜਾਬ ਸਟੇਟ ਕਰਮਚਾਰੀ ਦਲ ਭਗੜਾਣਾ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ ਦੀ ਅਗਵਾਈ ਹੇਠ ਫਤਿਹਗੜ੍ਹ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਪੰਜਾਬ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ, ਜਿਨ੍ਹਾਂ ਵਿੱਚ ਯੂਨਾਈਟਿਡ ਟੈਕਨੀਕਲ ਇੰਪਲਾਈਜ਼ ਯੂਨੀਅਨ ਪੰਜਾਬ, ਪੰਜਾਬ ਗੌਰਮਿੰਟ ਡਰਾਈਵਰ ਯੂਨੀਅਨ ਅਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ, ਸਰਕਾਰ ਦੀ ਕਾਰਜਸ਼ੈਲੀ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਸੰਘਰਸ਼ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਤਿੰਨਾਂ ਜਥੇਬੰਦੀਆਂ ਵੱਲੋਂ ਸਰਬਸੰਮਤੀ ਨਾਲ ਪੰਜਾਬ ਪੱਧਰ ’ਤੇ ਸਾਂਝੀ ਕਾਰਜਕਾਰੀ ਬਾਡੀ ਦਾ ਗਠਨ ਵੀ ਕੀਤਾ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੱਤਾ ਵਿੱਚ ਆਏ ਪੌਣੇ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਮੰਗਾਂ ਲਾਗੂ ਕਰਨ ਦੀ ਬਜਾਏ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਂਝੀਆਂ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਆਪਣੇ ਹੱਕਾਂ ਲਈ ਚਲਾਏ ਜਾ ਰਹੇ ਸੰਘਰਸ਼ ਵਿੱਚ ਪੰਜਾਬ ਸਟੇਟ ਕਰਮਚਾਰੀ ਦਲ ਭਗੜਾਣਾ ਪਹਿਲਾਂ ਵੀ ਵੱਧ-ਚੜ੍ਹ ਕੇ ਯੋਗਦਾਨ ਪਾਉਂਦਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਆਪਣਾ ਸਹਿਯੋਗ ਜਾਰੀ ਰੱਖੇਗਾ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਸਾਰੀਆਂ ਜਥੇਬੰਦੀਆਂ ਦਾ ਇਕਜੁੱਟ ਹੋਣਾ ਸਮੇਂ ਦੀ ਮੁੱਖ ਲੋੜ ਹੈ।
ਮੀਟਿੰਗ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਊਟਸੋਰਸ ਮੁਲਾਜ਼ਮਾਂ ਨੂੰ ਬਿਨਾਂ ਦੇਰੀ ਰੈਗੂਲਰ ਕੀਤਾ ਜਾਵੇ ਅਤੇ ਸਰਕਾਰ ਵੱਲੋਂ ਬਣਾਈ ਗਈ 26 ਨੰਬਰ ਪਾਲਿਸੀ ਬਿਨਾਂ ਕਿਸੇ ਸ਼ਰਤ ਦੇ ਲਾਗੂ ਕੀਤੀ ਜਾਵੇ। ਇਸ ਤੋਂ ਇਲਾਵਾ ਰੈਗੂਲਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਰਹਿੰਦਾ 10 ਫ਼ੀਸਦੀ ਮਹਿੰਗਾਈ ਭੱਤਾ (ਡੀਏ) ਦੀਵਾਲੀ ਤੋਂ ਪਹਿਲਾਂ ਜਾਰੀ ਕਰਨ, ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਸਾਲ 2026 ਦੇ ਪੇਅ ਕਮਿਸ਼ਨ ਅਨੁਸਾਰ ਬਣਦਾ ਏਰੀਅਰ ਇਕਮੁਸ਼ਤ ਦੇਣ ਦੀ ਮੰਗ ਉਠਾਈ ਗਈ।
ਆਗੂਆਂ ਨੇ ਸਾਲ 2016 ਤੋਂ ਪਹਿਲਾਂ ਸੇਵਾਮੁਕਤ ਹੋਏ ਮੁਲਾਜ਼ਮਾਂ ਦੀਆਂ ਪੈਨਸ਼ਨ ਸਬੰਧੀ ਸਮੱਸਿਆਵਾਂ ਦਾ ਹੱਲ ਕਰਨ ਅਤੇ ਪੇਅ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 2.9 ਦੇ ਫਾਰਮੂਲੇ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਵੀ ਕੀਤੀ। ਇਸ ਦੇ ਨਾਲ ਹੀ ਸਾਲ 2015 ਦੇ ਪੱਤਰ ਅਤੇ 7/2017 ਦੇ ਪੱਤਰ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਗਿਆ ਕਿ ਮੁਲਾਜ਼ਮਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਇਨ੍ਹਾਂ ਮਾਮਲਿਆਂ ਦਾ ਜਲਦ ਨਿਪਟਾਰਾ ਕੀਤਾ ਜਾਵੇ।
ਇਸ ਮੌਕੇ ਪੰਜਾਬ ਸਟੇਟ ਕਰਮਚਾਰੀ ਦਲ ਵੱਲੋਂ ਸੂਬਾ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਜਥੇਬੰਦੀ ਦੇ ਆਗੂਆਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਲਈ ਆਪਣੀ ਭੂਮਿਕਾ ਨਿਭਾਉਂਦੇ ਰਹਿਣਗੇ।
ਮੀਟਿੰਗ ਦੇ ਅੰਤ ਵਿੱਚ ਜਥੇਬੰਦੀ ਵੱਲੋਂ ਅਗਲੀ ਮੀਟਿੰਗ ਨਵੰਬਰ ਮਹੀਨੇ ਵਿੱਚ ਕਰਨ ਦਾ ਫ਼ੈਸਲਾ ਕੀਤਾ ਗਿਆ। ਆਗੂਆਂ ਨੇ ਸਪੱਸ਼ਟ ਕੀਤਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਤੱਕ ਸਾਂਝਾ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਸਰਕਾਰ ’ਤੇ ਮੰਗਾਂ ਲਾਗੂ ਕਰਨ ਲਈ ਦਬਾਅ ਬਣਾਇਆ ਜਾਵੇਗਾ।
ਇਸ ਮੌਕੇ ਸੁਸ਼ੀਲ ਚੋਪੜਾ ਸਕੱਤਰ ਜਨਰਲ ਪੰਜਾਬ, ਅਸ਼ੋਕ ਕੁਮਾਰ ਜ਼ਿਲ੍ਹਾ ਪ੍ਰਧਾਨ ਫਤਿਹਗੜ੍ਹ ਸਾਹਿਬ, ਮਲਕੀਤ ਸਿੰਘ ਰੈਲੋ ਸੀਨੀਅਰ ਮੀਤ ਪ੍ਰਧਾਨ ਪੰਜਾਬ, ਹਰਭਜਨ ਸਿੰਘ ਖੋਖਰ ਸਰਪ੍ਰਸਤ ਪੰਜਾਬ, ਬਲਵਿੰਦਰ ਸਿੰਘ ਬਾਜਵਾ ਸੀਨੀਅਰ ਮੀਤ ਪ੍ਰਧਾਨ ਪਟਿਆਲਾ, ਸਤਨਾਮ ਸਿੰਘ ਕਜੋਲੀ ਜਨਰਲ ਸਕੱਤਰ ਪੰਜਾਬ, ਬਲਜਿੰਦਰ ਸਿੰਘ ਕਜੋਲੀ, ਕੇਸਰ ਸਿੰਘ ਜ਼ਿਲ੍ਹਾ ਪ੍ਰਧਾਨ ਮੋਹਾਲੀ, ਬਾਬਾ ਅਮਰਜੀਤ ਸਿੰਘ ਰੋਪੜ, ਅਮਿਤ ਜ਼ਿਲ੍ਹਾ ਪ੍ਰਧਾਨ ਸਮਾਣਾ, ਸੁਰਿੰਦਰ ਸਿੰਘ ਅੰਟਾਲ ਕਾਰਜਕਾਰੀ ਪ੍ਰਧਾਨ ਪੰਜਾਬ, ਰਾਜਕੁਮਾਰ ਜਨਰਲ ਸਕੱਤਰ ਪੰਜਾਬ, ਇੰਦਰਜੀਤ ਸਿੰਘ ਕਾਹਲੋ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਸਾਹਿਬ, ਹਰਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬਠਿੰਡਾ, ਰੂਪ ਸਿੰਘ ਜਨਰਲ ਸਕੱਤਰ ਪੰਜਾਬ, ਨਰੇਸ਼ ਕੁਮਾਰ ਪ੍ਰਧਾਨ ਰਾਜਪੁਰਾ ਅਤੇ ਬਲਵੀਰ ਸਿੰਘ ਪ੍ਰਧਾਨ ਬਰਾਂ ਪਟਿਆਲਾ ਸਮੇਤ ਹੋਰ ਆਗੂ ਹਾਜ਼ਰ ਸਨ।












0 Comments