ਵਿਧਾਇਕ ਲਖਬੀਰ ਸਿੰਘ ਰਾਏ ਨੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਵਚਨਬੱਧਤਾ ਦੁਹਰਾਈ
ਫਤਿਹਗੜ੍ਹ ਸਾਹਿਬ, 24 ਅਕਤੂਬਰ (ਸਤਨਾਮ ਚੌਹਾਨ):- ਹਲਕਾ ਫਤਿਹਗੜ੍ਹ ਸਾਹਿਬ ਦੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਬਿਬਾਨਗੜ੍ਹ ਸਾਹਿਬ ਰਾਹੀਂ ਫਤਿਹਗੜ੍ਹ ਸਾਹਿਬ ਤੱਕ ਜਾਣ ਵਾਲੀ ਸੜਕ ਉੱਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਸੜਕ ਦੇ ਸੁਧਾਰ ਨਾਲ ਇਲਾਕੇ ਦੇ ਲੋਕਾਂ, ਰਾਹਗੀਰਾਂ ਅਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਨੂੰ ਆਵਾਜਾਈ ਵਿੱਚ ਸਹੂਲਤ ਮਿਲਣ ਦੀ ਉਮੀਦ ਹੈ। ਸੜਕ ਦੇ ਨਵੀਨੀਕਰਨ ਨਾਲ ਆਵਾਜਾਈ ਨੂੰ ਵਧੇਰੇ ਸੁਖਾਲਾ ਬਣਾਉਣ ਅਤੇ ਲੋਕਾਂ ਨੂੰ ਆਉਣ-ਜਾਣ ਸਮੇਂ ਦਰਪੇਸ਼ ਮੁਸ਼ਕਲਾਂ ਘਟਾਉਣ ਵਿੱਚ ਮਦਦ ਮਿਲੇਗੀ।
ਇਸ ਸੜਕ ਦੀ ਕੁੱਲ ਲੰਬਾਈ 1.65 ਕਿਲੋਮੀਟਰ ਹੈ। ਤਿਆਰ ਕੀਤੇ ਅਨੁਮਾਨਾਂ ਅਨੁਸਾਰ ਇਸ ਸੜਕ ਦੇ ਨਿਰਮਾਣ ਅਤੇ ਸੁਧਾਰ ਉੱਤੇ 92.98 ਲੱਖ ਰੁਪਏ ਖਰਚ ਕੀਤੇ ਜਾਣਗੇ, ਜਦਕਿ ਇਸ ਦੀ ਪੰਜ ਸਾਲਾਂ ਦੀ ਰੱਖ-ਰਖਾਅ ਲਈ 21.67 ਲੱਖ ਰੁਪਏ ਦੀ ਲਾਗਤ ਨਿਰਧਾਰਤ ਕੀਤੀ ਗਈ ਹੈ। ਇਸ ਤਰ੍ਹਾਂ ਸੜਕ ਦੇ ਨਿਰਮਾਣ ਅਤੇ ਰੱਖ-ਰਖਾਅ ਸਮੇਤ ਕੁੱਲ ਅਨੁਮਾਨਿਤ ਲਾਗਤ 114.66 ਲੱਖ ਰੁਪਏ ਬਣਦੀ ਹੈ।
ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਸੜਕਾਂ ਦਾ ਸੁਧਾਰ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ। ਬਿਹਤਰ ਸੜਕੀ ਨੈੱਟਵਰਕ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੁੰਦੀ ਹੈ, ਸਗੋਂ ਇਲਾਕੇ ਦੇ ਵਿਕਾਸ ਨੂੰ ਵੀ ਹੁਲਾਰਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਕੰਮ ਕਰਵਾਉਣ ਦੀ ਹਦਾਇਤ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਰਮੇਸ਼ ਕੁਮਾਰ ਸੋਨੂੰ, ਸੰਦੀਪ ਸਿੰਘ ਭੱਲ ਮਾਜਰਾ, ਗੁਰਮੀਤ ਸਿੰਘ ਬਾਜਵਾ, ਪ੍ਰਿਤਪਾਲ ਸਿੰਘ ਜੱਸੀ, ਦਵਿੰਦਰ ਸਿੰਘ, ਰੀਨਾ ਰਾਣੀ ਆਦਿ ਵੀ ਹਾਜ਼ਰ ਸਨ।












0 Comments