3,720 ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਦੀ ਮੰਗ, 12 ਸਾਲਾਂ ਤੋਂ ਸ਼ੋਸ਼ਣ ਹੋਣ ਦੇ ਲਗਾਏ ਦੋਸ਼
ਮੋਹਾਲੀ, 10 ਅਕਤੂਬਰ ( ਸਤਨਾਮ ਚੌਹਾਨ):- ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰਜ਼ ਫਰੰਟ, ਪੰਜਾਬ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵਿਖੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਪਹੁੰਚੇ ਵੋਕੇਸ਼ਨਲ ਅਧਿਆਪਕਾਂ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਸਿੱਖਿਆ ਬੋਰਡ ਦੇ ਦਫ਼ਤਰ ਤੱਕ ਰੈਲੀ ਕੱਢੀ ਅਤੇ ਬੋਰਡ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਫਰੰਟ ਦੇ ਆਗੂਆਂ ਨੇ ਐਲਾਨ ਕੀਤਾ ਕਿ ਹੁਣ ਲਾਰੇ-ਲੱਪਿਆਂ ਨਾਲ ਕੰਮ ਨਹੀਂ ਚੱਲੇਗਾ ਅਤੇ ਜਦੋਂ ਤੱਕ ਅਧਿਆਪਕਾਂ ਦੀਆਂ ਮੰਗਾਂ ਦਾ ਪੱਕਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਧਰਨਾ ਲਗਾਤਾਰ ਜਾਰੀ ਰਹੇਗਾ।
ਅਧਿਆਪਕਾਂ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਗਭਗ 3,720 ਵੋਕੇਸ਼ਨਲ ਅਧਿਆਪਕ ਆਊਟਸੋਰਸਿੰਗ ਅਤੇ ਕੰਪਨੀਆਂ ਅਧੀਨ ਕੰਮ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ 12 ਸਾਲਾਂ ਤੋਂ ਅਧਿਆਪਕਾਂ ਦਾ ਸ਼ੋਸ਼ਣ ਹੋ ਰਿਹਾ ਹੈ, ਪਰ ਸਰਕਾਰ ਅਤੇ ਸਿੱਖਿਆ ਵਿਭਾਗ ਨਾਲ ਕਈ ਮੀਟਿੰਗਾਂ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ ਅਤੇ ਨਾ ਹੀ ਉਨ੍ਹਾਂ ਦੇ ਹੱਕ ਵਿੱਚ ਕੋਈ ਪੱਕੀ ਨੀਤੀ ਬਣਾਈ ਗਈ ਹੈ। ਆਗੂਆਂ ਨੇ ਕਿਹਾ ਕਿ ਵਾਰ-ਵਾਰ ਮੀਟਿੰਗਾਂ ਅਤੇ ਭਰੋਸਿਆਂ ਦੇ ਬਾਵਜੂਦ ਮੰਗਾਂ ਪੂਰੀਆਂ ਨਾ ਹੋਣ ਕਾਰਨ ਅਧਿਆਪਕਾਂ ਨੂੰ ਮੁੜ ਸੰਘਰਸ਼ ਦੇ ਰਾਹ ਪੈਣਾ ਪਿਆ ਹੈ।
ਫਰੰਟ ਦੇ ਆਗੂਆਂ ਨੇ ਮੰਗ ਕੀਤੀ ਕਿ ਸਾਰੇ NSQF ਵੋਕੇਸ਼ਨਲ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਣਦੀ ਤਨਖ਼ਾਹ ਤੇ ਨੌਕਰੀ ਦੀ ਸੁਰੱਖਿਆ ਦਿੱਤੀ ਜਾਵੇ। ਉਨ੍ਹਾਂ ਹਰਿਆਣਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਵੋਕੇਸ਼ਨਲ ਅਧਿਆਪਕਾਂ ਨੂੰ ਵੱਧ ਤਨਖ਼ਾਹਾਂ ਮਿਲ ਰਹੀਆਂ ਹਨ ਅਤੇ ਨੌਕਰੀ ਦੀ ਸੁਰੱਖਿਆ ਲਈ ਨੀਤੀ ਵੀ ਲਾਗੂ ਹੈ, ਜਦਕਿ ਪੰਜਾਬ ਦੇ ਅਧਿਆਪਕ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਦੇ ਹੱਲ ਦੀ ਉਡੀਕ ਕਰ ਰਹੇ ਹਨ। ਆਗੂਆਂ ਨੇ ਦੱਸਿਆ ਕਿ ਫਰੰਟ ਵੱਲੋਂ ਪਹਿਲਾਂ ਦਿੜ੍ਹਬਾ, ਸੰਗਰੂਰ ਅਤੇ ਗੰਭੀਰਪੁਰ ਸਮੇਤ ਵੱਖ-ਵੱਖ ਥਾਵਾਂ ’ਤੇ ਰੈਲੀਆਂ ਤੇ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ, ਪਰ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਅੱਗੇ ਲਗਾਇਆ ਪੱਕਾ ਧਰਨਾ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਧਰਨੇ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਲਈ ਸਰਕਾਰ ਅਤੇ ਸਬੰਧਤ ਵਿਭਾਗ ਜ਼ਿੰਮੇਵਾਰ ਹੋਣਗੇ। ਇਸ ਮੌਕੇ ਸਟੇਟ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ੍ਹ, ਰਣਜੀਤ ਸਿੰਘ ਨਵਾਂਸ਼ਹਿਰ, ਗੁਰਜੀਤ ਸਿੰਘ ਬਠਿੰਡਾ, ਤਰਨਤਾਰਨ ਤੋਂ ਇੱਕ ਆਗੂ, ਮਹਿਤਾਬ ਸਿੰਘ ਫਿਰੋਜ਼ਪੁਰ, ਮਨਪ੍ਰੀਤ ਸਿੰਘ ਮੁਕਤਸਰ ਸਾਹਿਬ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਅਧਿਆਪਕ ਮੌਜੂਦ ਸਨ।












0 Comments