BREAKING NEWS

6/recent/ticker-posts

ਸੰਗਰੂਰ ਵਿੱਚ ਮੁਲਾਜ਼ਮ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਿੱਚ NSQF ਵੋਕੇਸ਼ਨਲ ਟੀਚਰ ਫਰੰਟ ਪੰਜਾਬ ਨੇ ਕੀਤੀ ਸ਼ਮੂਲੀਅਤ, ਨੌਕਰੀ ਦੀ ਸੁਰੱਖਿਆ ਤੇ ਤਨਖ਼ਾਹ ਵਾਧੇ ਦੀ ਮੰਗ ਉਠਾਈ


ਸੰਗਰੂਰ, 10 ਅਕਤੂਬਰ (ਸਤਨਾਮ ਚੌਹਾਨ): NSQF ਵੋਕੇਸ਼ਨਲ ਟੀਚਰ ਫਰੰਟ ਪੰਜਾਬ ਵੱਲੋਂ ਅੱਜ ਸੰਗਰੂਰ ਵਿਖੇ ਮੁਲਾਜ਼ਮ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਬੈਨਰ ਹੇਠ ਕੀਤੇ ਗਏ ਇਕੱਠ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਫਰੰਟ ਦੇ ਆਗੂਆਂ ਅਤੇ ਅਧਿਆਪਕਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਉਠਾਉਂਦਿਆਂ ਸਰਕਾਰ ਤੋਂ ਇਨ੍ਹਾਂ ਦਾ ਜਲਦ ਅਤੇ ਸਥਾਈ ਹੱਲ ਕਰਨ ਦੀ ਮੰਗ ਕੀਤੀ।

ਇਸ ਮੌਕੇ ਫਰੰਟ ਦੇ ਆਗੂਆਂ ਨੇ ਕਿਹਾ ਕਿ NSQF ਵੋਕੇਸ਼ਨਲ ਅਧਿਆਪਕ ਲੰਬੇ ਸਮੇਂ ਤੋਂ ਸਰਕਾਰੀ ਸਕੂਲਾਂ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਨੌਕਰੀ ਦੀ ਸੁਰੱਖਿਆ ਅਤੇ ਤਨਖ਼ਾਹ ਵਿੱਚ ਵਾਧੇ ਵਰਗੀਆਂ ਬੁਨਿਆਦੀ ਮੰਗਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਉਣ, ਤਨਖ਼ਾਹ ਵਿੱਚ ਵਾਧਾ ਕਰਨ ਅਤੇ ਹੋਰ ਮੰਗਾਂ ਦਾ ਸਥਾਈ ਹੱਲ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।

ਫਰੰਟ ਵੱਲੋਂ ਸਮੂਹ ਭਰਾਤਰੀ ਜਥੇਬੰਦੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਦੇ ਸਾਹਮਣੇ ਲਗਾਏ ਗਏ ਪੱਕੇ ਧਰਨੇ ਵਿੱਚ ਸ਼ਮੂਲੀਅਤ ਕਰਕੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕਰਨ ਦੀ ਅਪੀਲ ਵੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ, ਅਧਿਆਪਕਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਦੀ ਪੂਰਤੀ ਲਈ ਸਾਂਝਾ ਸੰਘਰਸ਼ ਸਮੇਂ ਦੀ ਲੋੜ ਹੈ। ਸਾਰੀਆਂ ਜਥੇਬੰਦੀਆਂ ਦੀ ਇਕਜੁੱਟਤਾ ਨਾਲ ਸਰਕਾਰ ਤੱਕ ਆਪਣੀ ਆਵਾਜ਼ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਈ ਜਾ ਸਕਦੀ ਹੈ।

ਫਰੰਟ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਵੋਕੇਸ਼ਨਲ ਅਧਿਆਪਕਾਂ ਦੀਆਂ ਮੁੱਖ ਮੰਗਾਂ ਦਾ ਠੋਸ ਅਤੇ ਸਥਾਈ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਸਮੂਹ ਅਧਿਆਪਕਾਂ, ਮੁਲਾਜ਼ਮਾਂ, ਮਜ਼ਦੂਰ ਜਥੇਬੰਦੀਆਂ ਅਤੇ ਭਰਾਤਰੀ ਸੰਗਠਨਾਂ ਨੂੰ ਇਸ ਸੰਘਰਸ਼ ਵਿੱਚ ਵੱਧ-ਚੜ੍ਹ ਕੇ ਸਾਥ ਦੇਣ ਦੀ ਅਪੀਲ ਕੀਤੀ।

ਇਸ ਮੌਕੇ ਸਟੇਟ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ, ਭੂਪਿੰਦਰ ਸਿੰਘ ਰੂਪਨਗਰ, ਰਣਜੀਤ ਸਿੰਘ ਨਵਾਂਸ਼ਹਿਰ ਸਮੇਤ ਹੋਰ ਸਾਥੀ ਹਾਜ਼ਰ ਸਨ।

Post a Comment

0 Comments